: ਤਿਉਹਾਰਾਂ ਦੇ ਸੀਜ਼ਨ ਮੌਕੇ ਮਿਲਾਵਟਖੋਰੀ ਨੂੰ ਜੜ੍ਹ ਤੋਂ ਖਤਮ ਕਰਨ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ‘ਮਿਸ਼ਨ ਤੰਦਰੁਸਤ ਪੰਜਾਬ’ ਮੁਹਿੰਮ ਤਹਿਤ ਸਿਹਤ ਵਿਭਾਗ ਦੇ ਫੂਡ ਸੇਫਟੀ ਦੇ ਸਹਾਇਕ ਕਮਿਸ਼ਨਰ ਡਾ. ਰਜਿੰਦਰਪਾਲ ਸਿੰਘ ਦੀ ਅਗਵਾਈ ਹੇਠ ਟੀਮ ਵੱਲੋਂ ਅੱਡਾ ਅਲਗੋਕੋਠੀ ਅਤੇ ਭਿੱਖੀਵਿੰਡ ਦੀਆਂ ਵੱਖ-ਵੱਖ ਦੁਕਾਨਾਂ ਜਿਵੇ ਮਠਿਆਈ,ਬੇਕਰੀ ਆਦਿ ਦੁਕਾਨਾਂ ਤੋਂ ਵੱਖ-ਵੱਖ ਵਸਤਾਂ ਦੇ ਸੈਂਪਲ ਭਰੇ ਗਏ। ਇਸ ਮੌਕੇ ‘ਤੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਸਹਾਇਕ ਕਮਿਸ਼ਨਰ ਡਾ. ਰਜਿੰਦਰਪਾਲ ਸਿੰਘ ਨੇ ਕਿਹਾ ਕਿ ਦੀਵਾਲੀ ਦਾ ਤਿਉਹਾਰ ਹੋਣ ਕਰਕੇ ਕਈ ਦੁਕਾਨਦਾਰ ਲਾਲਚ ‘ਚ ਆ ਕੇ ਨਕਲੀ ਮਠਿਆਈਆਂ ਅਤੇ ਹੋਰ ਖਾਣ ਵਾਲੇ ਪਦਾਰਥ ਤਿਆਰ ਕਰਕੇ ਵੇਚਦੇ ਹਨ।ਜਿਸ ਨਾਲ ਲੋਕਾਂ ਦੀ ਸਿਹਤ ‘ਤੇ ਮਾੜਾ ਪ੍ਰਭਾਵ ਪੈਂਦਾ ਹੈ। ਇਸ ਲਈ ਤਿਉਹਾਰਾਂ ਦਾ ਸੀਜ਼ਨ ਸ਼ੁਰੂ ਹੁੰਦਿਆਂ ਹੀ ਸਿਹਤ ਵਿਭਾਗ ਵੱਲੋਂ ਪੂਰੀ ਤਰ੍ਹਾਂ ਚੌਕਸੀ ਵਰਤੀ ਜਾ ਰਿਹਾ ਹੈ ਅਤੇ ਵੱਖ-ਵੱਖ ਮਠਿਆਈ ਦੀਆਂ ਦੁਕਾਨਾਂ, ਡੇਅਰੀਆਂ ਆਦਿ ‘ਤੇ ਜਾ ਕੇ ਵਿਭਾਗ ਦੀਆਂ ਟੀਮਾਂ ਸੈਂਪਲ ਭਰ ਰਹੀਆਂ ਹਨ।ਉਨ੍ਹਾਂ ਸਮੂਹ ਦੁਕਾਨਦਾਰਾਂ ਨੂੰ ਤਾੜਨਾ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਮਿਲਾਵਟਖੋਰੀ ਨੂੰ ਰੋਕਣ ਲਈ ਪੂਰੀ ਤਰ੍ਹਾਂ ਅਲਰਟ ਹੈ ਅਤੇ ਜੇਕਰ ਕੋਈ ਨਕਲੀ ਪਦਾਰਥ ਵੇਚਦਾ ਪਾਇਆ ਗਿਆ ਤਾਂ ਉਸ ਖਿਲਾਫ ਸਖਤ ਕਾਰਵਾਈ ਅਮਲ ‘ਚ ਲਿਆਂਦੀ ਜਾਵੇਗੀ।