ਪੰਜਾਬ ਸਰਕਾਰ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਦਕਰ ਦੀ ਸੋਚ ਦਾ ਸੂਬਾ ਸਿਰਜਣ ਲਈ ਯਤਨਸ਼ੀਲ – ਡਾਕਟਰ ਹਰਜੋਤ ਕਮਲ

0
114

ਭਾਰਤੀ ਸੰਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਦਕਰ ਜੀ ਦੇ 130 ਵੈਂ ਜਨਮ ਦਿਹਾੜੇ ਸਬੰਧੀ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਰਾਜ ਪੱਧਰੀ ਵਰਚੁਆਲ ਸਮਾਗਮ ਕਰਵਾਇਆ ਗਿਆ। ਇਸ ਸਬੰਧੀ ਜ਼ਿਲ੍ਹਾ ਪੱਧਰੀ ਸਮਾਗਮ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਕੀਤਾ ਗਿਆ, ਜਿਸ ਵਿੱਚ ਮੁੱਖ ਮਹਿਮਾਨ ਵਜੋਂ ਮੋਗਾ ਦੇ ਵਿਧਾਇਕ ਡਾਕਟਰ ਹਰਜੋਤ ਕਮਲ ਅਤੇ ਵਿਸ਼ੇਸ਼ ਮਹਿਮਾਨ ਵਜੋਂ ਡਿਪਟੀ ਕਮਿਸ਼ਨਰ ਸ਼੍ਰੀ ਸੰਦੀਪ ਹੰਸ ਨੇ ਸ਼ਿਰਕਤ ਕੀਤੀ। ਇਸ ਮੌਕੇ ਚੇਅਰਮੈਨ ਸ੍ਰ ਇੰਦਰਜੀਤ ਸਿੰਘ ਤਲਵੰਡੀ ਭੰਗੇਰੀਆ, ਚੇਅਰਮੈਨ ਸ੍ਰ ਇੰਦਰਜੀਤ ਸਿੰਘ ਬੀੜ੍ਹ ਚੜਿੱਕ, ਵਧੀਕ ਡਿਪਟੀ ਕਮਿਸ਼ਨਰ ਸ਼੍ਰੀਮਤੀ ਅਨੀਤਾ ਦਰਸ਼ੀ, ਸੀਨੀਅਰ ਕਾਂਗਰਸੀ ਆਗੂ ਸ਼੍ਰੀਮਤੀ ਜਗਦਰਸ਼ਨ ਕੌਰ ਅਤੇ ਹੋਰ ਹਾਜ਼ਰ ਸਨ।

ਸਮਾਗਮ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡਾਕਟਰ ਹਰਜੋਤ ਕਮਲ ਨੇ ਦੱਸਿਆ ਕਿ ਪੰਜਾਬ ਸਰਕਾਰ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਦਕਰ ਦੀ ਸੋਚ ਦਾ ਸੂਬਾ ਸਿਰਜਣ ਲਈ ਯਤਨਸ਼ੀਲ ਹੈ। ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵੱਲੋਂ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਦਲਿਤ ਸਮੇਤ ਸਮਾਜ ਦੇ ਹਰ ਉਸ ਵਰਗ ਨੂੰ ਉੱਚਾ ਚੁੱਕਿਆ ਜਾਵੇ, ਜੌ ਆਜ਼ਾਦੀ ਦੇ 74 ਸਾਲ ਬਾਅਦ ਵੀ ਆਪਣੇ ਪੈਰਾਂ ਉੱਪਰ ਖੜ੍ਹਾ ਨਹੀਂ ਹੋ ਸਕਿਆ ਹੈ। ਉਹਨਾਂ ਕਿਹਾ ਕਿ ਮੁੱਖ ਮੰਤਰੀ ਨੇ ਐਲਾਨ ਕੀਤਾ ਹੈ ਕਿ ਸਰਕਾਰੀ ਨੌਕਰੀਆਂ ਵਿਚ ਦਲਿਤ ਕੋਟੇ ਦੀਆਂ ਖਾਲੀ ਅਸਾਮੀਆਂ ਜਲਦ ਭਰੀਆਂ ਜਾਣਗੀਆਂ। ਦਲਿਤਾਂ ਦੇ ਵਿਹੜਿਆਂ ਨੂੰ ਜਾਣ ਵਾਲੀਆਂ ਸੜਕਾਂ ਨੂੰ ਪੱਕਾ ਕੀਤਾ ਜਾਵੇਗਾ। ਵਿਦਿਅਰਥੀਆਂ ਨੂੰ ਉਚੇਰੀ ਵਿੱਦਿਆ ਮੁਹੱਈਆ ਕਰਵਾਉਣ ਲਈ ਆਰਥਿਕ ਤੌਰ ਉੱਤੇ ਸਹਿਯੋਗ ਦਿੱਤਾ ਜਾਵੇਗਾ।

ਡਿਪਟੀ ਕਮਿਸ਼ਨਰ ਸ਼੍ਰੀ ਹੰਸ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਦਲਿਤ ਵਰਗ ਦੇ ਲੋਕਾਂ ਨੂੰ ਉਹਨਾਂ ਦੀ ਭਲਾਈ ਲਈ ਸ਼ੁਰੂ ਕੀਤੀਆਂ ਯੋਜਨਾਵਾਂ ਦਾ ਵੱਧ ਤੋਂ ਵੱਧ ਲਾਭ ਦਿਵਾਇਆ ਜਾਵੇਗਾ। ਉਹਨਾਂ ਕਿਹਾ ਕਿ ਪ੍ਰਸ਼ਾਸ਼ਨ ਦੀ ਹਮੇਸ਼ਾਂ ਇਹ ਕੋਸ਼ਿਸ਼ ਰਹਿੰਦੀ ਹੈ ਕਿ ਦੱਬੇ ਕੁੱਚਲੇ ਵਰਗਾਂ ਨੂੰ ਪੈਰਾਂ ਉੱਤੇ ਖੜ੍ਹਾ ਕਰਨ ਵਿੱਚ ਹਰ ਸੰਭਵ ਮਦਦ ਕੀਤੀ ਜਾ ਸਕੇ। ਸਮਾਗਮ ਉਪਰੰਤ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਥਾਪਿਤ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਦਕਰ ਜੀ ਦੇ ਬੁੱਤ ਉਪਰ ਫੁੱਲ ਮਲਾਵਾਂ ਭੇਟ ਕੀਤੀਆਂ ਗਈਆਂ। ਇਸ ਮੌਕੇ ਵੱਡੀ ਗਿਣਤੀ ਵਿੱਚ ਆਮ ਲੋਕ ਵੀ ਹਾਜ਼ਰ ਸਨ।